ਆ ਮਿਲ ਯਾਰ ਸਾਰ ਲੈ ਮੇਰੀ, ਮੇਰੀ ਜਾਨ ਦੁੱਖਾਂ ਨੇ ਘੇਰੀ । ਅੰਦਰ ਖਾਬ ਵਿਛੋੜਾ ਹੋਇਆ, ਖਬਰ ਨਾ ਪੈਂਦੀ ਤੇਰੀ । ਸੁੰਞੇ ਬਨ ਵਿਚ ਲੁੱਟੀ ਸਾਈਆਂ, ਸੂਰ ਪਲੰਗ ਨੇ ਘੇਰੀ । ਇਹ ਤਾਂ ਠੱਗ ਜਗਤ ਦੇ, ਜਿਹਾ ਲਾਵਣ ਜਾਲ ਚਫੇਰੀ । ਕਰਮ ਸ਼ਰ੍ਹਾ ਦੇ ਧਰਮ ਬਤਾਵਣ, ਸੰਗਲ ਪਾਵਣ ਪੈਰੀਂ । ਜ਼ਾਤ ਮਜ਼੍ਹਬ ਇਹ ਇਸ਼ਕ ਨਾ ਪੁੱਛਦਾ, ਇਸ਼ਕ ਸ਼ਰ੍ਹਾ ਦਾ ਵੈਰੀ । ਨਦੀਉਂ ਪਾਰ ਮੁਲਕ ਸਜਨ ਦਾ ਲਹਵੋ-ਲਆਬ ਨੇ ਘੇਰੀ । ਸਤਿਗੁਰ ਬੇੜੀ ਫੜੀ ਖਲੋਤੀ ਤੈਂ ਕਿਉਂ ਲਾਈ ਆ ਦੇਰੀ । ਪ੍ਰੀਤਮ ਪਾਸ ਤੇ ਟੋਲਨਾ ਕਿਸ ਨੂੰ, ਭੁੱਲ ਗਿਉਂ ਸਿਖਰ ਦੁਪਹਿਰੀ । ਬੁੱਲ੍ਹਾ ਸ਼ਾਹ ਸ਼ੌਹ ਤੈਨੂੰ ਮਿਲਸੀ, ਦਿਲ ਨੂੰ ਦੇਹ ਦਲੇਰੀ । ਆ ਮਿਲ ਯਾਰ ਸਾਰ ਲੈ ਮੇਰੀ, ਮੇਰੀ ਜਾਨ ਦੁੱਖਾਂ ਨੇ ਘੇਰੀ ।